ਸੰਗਰੂਰ ਦੀ ਇਨਸਾਫ਼ ਰੈਲੀ ਨੇ ਵਿਰੋਧੀਆਂ ਦੀ ਨੀਂਦ ਉਡਾਈ..ਪੰਜਾਬ ਚ’ ਕਾਂਗਰਸ ਦੀ ਸਰਕਾਰ ਬਣਨਾ ਤੈਅ:- ਕੁਲਵੰਤ ਰਾਏ ਸਿੰਗਲਾ
ਵਿਜੇ ਇੰਦਰ ਸਿੰਗਲਾ ਦੀ ਅਗਵਾਈ ਹੇਠ ਹੋਈ ਇਤਿਹਾਸਕ ਰੈਲੀ ਨੇ ਵਿਰੋਧੀਆਂ ਦੇ ਹੋਸ਼ ਉਡਾਏ…
ਨਾਨਕ ਸਿੰਘ ਖੁਰਮੀ, ਮਾਨਸਾ 6 ਨਵੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਫੱਗੂਵਾਲਾ, ਜਿਲਾ ਸੰਗਰੂਰ ਵਿਖੇ ਕਰਵਾਈ ਗਈ ਇਤਿਹਾਸਕ ਇਨਸਾਫ਼ ਰੈਲੀ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਰੈਲੀ ਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੇ ਇਕੱਠ ਨੇ ਜਿੱਥੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਹੈ, ਉੱਥੇ ਹੀ ਵਿਰੋਧੀ ਪਾਰਟੀਆਂ ਲਈ ਵੀ ਵੱਡੀ ਸਿਆਸੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਸਿੰਗਲਾ ਨੇ ਕਿਹਾ ਕਿ ਇਹ ਰੈਲੀ ਉਸ ਸਮੇਂ ਕੀਤੀ ਗਈ ਜਦੋਂ ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਖੇਤੀਬਾੜੀ ਦੇ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਤਿਉਹਾਰਾਂ ਦਾ ਮੌਸਮ ਹੋਣ ਕਾਰਨ ਲੋਕ ਆਪਣੇ ਨਿੱਜੀ, ਪਰਿਵਾਰਕ ਅਤੇ ਕਾਰੋਬਾਰੀ ਕੰਮਾਂ ਵਿੱਚ ਵੀ ਰੁੱਝੇ ਹੋਏ ਹਨ। ਅਜਿਹੇ ਰੁਝੇਵਿਆਂ ਭਰੇ ਸਮੇਂ ਦੌਰਾਨ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਟਰਾਂਸਪੋਰਟਰਾਂ, ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਮੂਲੀਅਤ ਕਰਨਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਦੇ ਲੋਕਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਅਤੇ ਸਮਰਥਨ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਇਹ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਕਿ ਕਾਂਗਰਸ ਪਾਰਟੀ ਅੰਦਰੂਨੀ ਮਤਭੇਦਾਂ ਅਤੇ ਧੜੇਬੰਦੀ ਦਾ ਸ਼ਿਕਾਰ ਹੈ ਅਤੇ ਇਸ ਦੀ ਲੀਡਰਸ਼ਿਪ ਇਕਜੁੱਟ ਨਹੀਂ ਹੈ। ਪਰ ਸੰਗਰੂਰ ਦੀ ਇਨਸਾਫ਼ ਰੈਲੀ ਨੇ ਅਜਿਹੇ ਸਾਰੇ ਦਾਅਵਿਆਂ ਨੂੰ ਬੇਬੁਨਿਆਦ ਸਾਬਤ ਕਰ ਦਿੱਤਾ ਹੈ। ਰੈਲੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਚੇਅਰਮੈਨ ਕੰਪੇਨ ਕਮੇਟੀ ਚਰਨਜੀਤ ਸਿੰਘ ਚੰਨੀ, ਚੇਅਰਮੈਨ ਕੋਆਰਡੀਨੇਸ਼ਨ ਕਮੇਟੀ ਵਿਜੇ ਇੰਦਰ ਸਿੰਗਲਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਅਤੇ ਡਾ. ਅਮਰ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਦੀ ਸ਼ਮੂਲੀਅਤ ਨੇ ਪਾਰਟੀ ਦੀ ਸਿਆਸੀ ਤਾਕਤ ਅਤੇ ਏਕਤਾ ਦਾ ਪ੍ਰਦਰਸ਼ਨ ਕੀਤਾ ਹੈ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਇਕਜੁੱਟ ਹੈ। ਪਾਰਟੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਅਤੇ ਲਾਮਬੰਦ ਹੈ। ਸੂਬੇ ਦੇ ਹਰ ਖੇਤਰ ਤੋਂ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਦੀ ਭਰਵੀਂ ਸ਼ਮੂਲੀਅਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਇਹ ਰੈਲੀ ਸਿਰਫ਼ ਇੱਕ ਸਿਆਸੀ ਇਕੱਠ ਨਹੀਂ ਸੀ, ਸਗੋਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ, ਹੱਕਾਂ ਅਤੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲਾ ਮੰਚ ਸਾਬਤ ਹੋਈ ਹੈ। ਰੈਲੀ ਦੀ ਸਫ਼ਲਤਾ ਨਾਲ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਇਨਸਾਫ਼ ਪਸੰਦ ਲੋਕਾਂ ਵਿੱਚ ਵੀ ਨਵੀਂ ਉਮੀਦ ਜਾਗੀ ਹੈ। ਉਨ੍ਹਾਂ ਅਨੁਸਾਰ ਲੋਕ ਹੁਣ ਪੰਜਾਬ ਵਿੱਚ ਇੱਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ, ਉਨ੍ਹਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰੇ ਅਤੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਲੈ ਕੇ ਜਾਵੇ। ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ ਅਤੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ। ਪਾਰਟੀ ਦੀ ਨੀਤੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਹੈ। ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਕਾਂਗਰਸ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਸੰਗਰੂਰ ਦੀ ਇਨਸਾਫ਼ ਰੈਲੀ ਪੰਜਾਬ ਵਿੱਚ ਕਾਂਗਰਸ ਦੀ ਵਾਪਸੀ ਦਾ ਮਜ਼ਬੂਤ ਸੰਕੇਤ ਹੈ। ਪੰਜਾਬੀਆਂ ਦੇ ਪਿਆਰ, ਪਾਰਟੀ ਵਰਕਰਾਂ ਦੀ ਅਣਥੱਕ ਮਿਹਨਤ ਅਤੇ ਲੀਡਰਸ਼ਿਪ ਦੀ ਇਕਜੁੱਟਤਾ ਦੇ ਬਲਬੂਤੇ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ।
ਫੋਟੋ 3: ਕਾਂਗਰਸੀਆਂ ਨਾਲ ਕੁਲਵੰਤ ਰਾਏ ਸਿੰਗਲਾ।
