– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਗ੍ਰਿਫ਼ਤਾਰ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ- ਡੀ.ਜੀ.ਪੀ. ਗੌਰਵ ਯਾਦਵ
– ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 2 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਬਰਾਮਦ ਕਰਨ ਉਪਰੰਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫੜੇ ਗਏ ਸਮੱਗਲਰ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ ਮਾਨ ਵਾਸੀ ਪਿੰਡ ਗੱਗੜਮਾਲ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਈਸ ਡਰੱਗ ਦੀ ਖੇਪ ਨੂੰ ਜ਼ਬਤ ਕਰਨ ਤੋਂ ਇਲਾਵਾ ਉਸਦੇ ਕਬਜ਼ੇ ਵਿੱਚੋਂ ਇੱਕ ਅਤਿ ਆਧੁਨਿਕ .30 ਬੋਰ ਦਾ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਪਠਾਨ ਅਤੇ ਆਮੇਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਉਸ ਨੂੰ ਡਰੋਨ ਰਾਹੀਂ ਸਰਹੱਦ ਪਾਰੋਂ ਆਈਸ ਡਰੱਗਜ਼ ਅਤੇ ਹਥਿਆਰ ਸਪਲਾਈ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਸੂਬੇ ਭਰ ਵਿੱਚ ਆਈਸ ਡਰੱਗਜ਼ ਦੀ ਸਪਲਾਈ ਕਰਦੇ ਸਨ, ਜਦਕਿ ਉਸਦੇ ਪਿਛਲੇ ਤੇ ਅਗਲੇ ਸਬੰਧਾਂ ਬਾਰੇ ਜਾਣਕਾਰੀ ਲਗਾਉਣ ਲਈ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝਾ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੂਬੇ ਵਿੱਚ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਭਾਰੀ ਮਾਤਰਾ ਵਿੱਚ ਆਈਸ ਡਰੱਗ ਅਤੇ ਹਥਿਆਰਾਂ ਦੀ ਖੇਪ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾਵਾਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਅਤੇ ਏਸੀਪੀ ਵੈਸਟ ਕਮਲਜੀਤ ਔਲਖ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ-1 ਤੋਂ ਪੁਲਿਸ ਟੀਮਾਂ ਨੇ ਛੇਹਰਟਾ ਖੇਤਰ ਵਿੱਚ ਵਿਆਪਕ ਆਪ੍ਰੇਸ਼ਨ ਕੀਤਾ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਸਿਮਰ ਮਾਨ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਇਸ ਖੇਪ ਦੀ ਡਿਲਿਵਰੀ ਕਰਨ ਲਈ ਕਿਸੇ ਵਿਅਕਤੀ ਦੀ ਉਡੀਕ ਕਰ ਰਿਹਾ ਸੀ।
ਸੀ.ਪੀ. ਭੁੱਲਰ ਨੇ ਦੱਸਿਆ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਕੀਤੇ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸਬੰਧੀ ਕੇਸ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਛੇਹਰਟਾ ਵਿਖੇ ਐਫ.ਆਈ.ਆਰ. ਨੰ. 2 ਮਿਤੀ 3.1.2024 ਨੂੰ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹੈਰੋਇਨ ਦੀ ਵਪਾਰਕ ਮਾਤਰਾ 250 ਗ੍ਰਾਮ ਹੈ, ਜਦੋਂ ਕਿ ਆਈਸ ਡਰੱਗ ਦੀ ਵਪਾਰਕ ਮਾਤਰਾ 50 ਗ੍ਰਾਮ ਹੈ।