“ਆਪ ਦੀ ਸਰਕਾਰ ਆਪ ਦੇ ਦੁਆਰ”
9 ਫਰਵਰੀ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਕੀਮਾਂ ਦਾ ਲਾਭ ਮਿਲੇ। ਇਸ ਲਈ ਪਿੰਡ-ਪਿੰਡ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁੱਦ ਚੱਲ ਕੇ ਕੈਂਪਾਂ ਚ ਪਹੁੰਚਦੇ ਹਨ। ਇਹ ਕੈਂਪ ਜਿੱਥੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸਕੀਮਾਂ ਦਾ ਲਾਹਾ ਦੇਣ ਲਈ ਲਾਹੇਵੰਦ ਸਾਬਤ ਹੋ ਰਹੇ ਹਨ ਉੱਥੇ ਹੀ ਆਮ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਵੀ ਸਹਾਈ ਸਿੱਧ ਹੋ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੀਆਂ 4 ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ/ਵਾਰਡਾਂ ਚ ਲਗਾਏ ਗਏ ਕੈਂਪਾਂ ਦੌਰਾਨ ਚੌਥੇ ਦਿਨ ਜਿੱਥੇ 197 ਲਾਭਪਾਤਰੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਦਾ ਲਾਹਾ ਲਿਆ ਉੱਥੇ ਹੀ 102 ਇੰਤਕਾਲ ਹੋਏ ਹਨ।
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਯੋਗ ਲੋੜਵੰਦਾ ਤੱਕ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸ਼ੁਰੂ ਕੀਤੀ ਯੋਜਨਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀ ਪਿੰਡ-ਪਿੰਡ/ਵਾਰਡਾਂ ਚ ਜਾ ਕੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਯੋਜਨਾਵਾ ਬਾਰੇ ਜਾਣਕਾਰੀ ਦੇ ਰਹੇ ਹਨ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੋ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।